ਜ਼ਬੂਰ
ਕਾਂਡ 2
ਕੌਮਾਂ ਕਾਹਨੂੰ ਡੰਡ ਪਾਉਂਦੀਆਂ ਹਨ, ਅਤੇ ਉੱਮਤਾਂ ਵਿਅਰਥ ਸੋਚਾਂ ਕਿਉਂ ਕਰਦੀਆਂ ਹਨ?
2 ਯਹੋਵਾਹ ਅਰ ਉਹ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪੋ ਵਿੱਚ ਮਤਾ ਪਕਾਉਂਦੇ ਹਨ
3 ਭਈ ਆਓ, ਅਸੀਂ ਉਨ੍ਹਾਂ ਦਿਆਂ ਬੰਧਨਾਂ ਨੂੰ ਤੋੜ ਛੱਡੀਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉਦਾਲਿਓਂ ਲਾਹ ਸੁੱਟੀਏ।
4 ਜਿਹੜਾ ਸੁਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੁ ਓਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
5 ਤਦ ਉਹ ਓਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕੋਪ ਨਾਲ ਓਹਨਾਂ ਨੂੰ ਔਖਿਆਂ ਕਰੇਗਾ।
6 ਪਰ ਮੈਂ ਆਪਣੇ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਹਾ ਦਿੱਤਾ ਹੈ।
7 ਮੈਂ ਫ਼ਰਮਾਨ ਦਾ ਹੋਕਾ ਦਿਆਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ।
8 ਮੈਥੋਂ ਮੰਗ ਅਤੇ ਮੈਂ ਕੌਮਾਂ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ ਕਰ ਦਿਆਂਗਾ।
9 ਤੂੰ ਲੋਹੇ ਦੇ ਡੰਡੇ ਨਾਲ ਓਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਙੁ ਤੂੰ ਓਹਨਾਂ ਨੂੰ ਚਕਨਾਚੂਰ ਕਰ ਦੇਵੇਂਗਾ।
10 ਸੋ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਈਓ, ਤੁਸੀਂ ਸਮਝ ਜਾਓ।
11 ਭੈ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ ਕੰਬਦੇ ਖੁਸ਼ੀ ਮਨਾਓ,
12 ਪੁੱਤ੍ਰ ਨੂੰ ਚੁੰਮੋ ਮਤੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਝੱਟ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।